ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ
ਭਿੱਖੀਵਿੰਡ, 16 ਅਕਤੂਬਰ
ਅਤਿਵਾਦ ਦੇ ਕਾਲੇ ਦੌਰ ਵੇਲੇ ਕਈ ਵਾਰ ਅਤਿਵਾਦੀਆਂ ਦਾ ਡਟ ਕੇ ਮੁਕਾਬਲਾ ਕਰਕੇ ਉਨ੍ਹਾਂ ਨੂੰ ਖਦੇੜਣ ਵਾਲੇ ਕਾਮਰੇਡ ਬਲਵਿੰਦਰ ਸਿੰਘ ਸੰਧੂ (62) ਦੀ ਅੱਜ ਇਥੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਕਰੀਬ ਇਕ ਸਾਲ ਪਹਿਲਾਂ ਸੂਬਾ ਸਰਕਾਰ ਨੇ ਤਰਨ ਤਾਰਨ ਪੁਲੀਸ ਦੀ ਸਿਫ਼ਾਰਿਸ਼ ’ਤੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ। ਪੁਲੀਸ ਮੁਤਾਬਕ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸਵੇਰੇ ਸੱਤ ਵਜੇ ਦੇ ਕਰੀਬ ਜਦੋਂ ਆਪਣੀ ਰਿਹਾਇਸ਼ ’ਚ ਚਲਦੇ ਨਿੱਜੀ ਸਕੂਲ ’ਚ ਬੈਠੇ ਸਨ ਤਾਂ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਨ੍ਹਾਂ ਨੂੰ ਚਾਰ ਗੋਲੀਆਂ ਮਾਰੀਆਂ। ਬਲਵਿੰਦਰ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਬਲਵਿੰਦਰ ਸਿੰਘ ਦੀ ਪਤਨੀ ਜਗਦੀਸ਼ ਕੌਰ ਨੇ ਦਾਅਵਾ ਕੀਤਾ ਕਿ ਇਹ ਅਤਿਵਾਦੀ ਹਮਲਾ ਹੈ ਕਿਉਂਕਿ ਉਨ੍ਹਾਂ ਦੇ ਪਰਿਵਾਰ ਦੀ ਕਿਸੇ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ। ਉਨ੍ਹਾਂ ਕਿਹਾ,‘‘ਪਰਿਵਾਰ ’ਤੇ 42 ਹਮਲੇ ਹੋ ਚੁੱਕੇ ਸਨ। ਅਸੀਂ ਡੀਜੀਪੀ ਦਿਨਕਰ ਗੁਪਤਾ ਨੂੰ ਸੁਰੱਖਿਆ ਜਾਰੀ ਰੱਖਣ ਦੀ ਕਈ ਵਾਰ ਬੇਨਤੀ ਕੀਤੀ ਸੀ ਪਰ ਉਨ੍ਹਾਂ ਕੋਈ ਸਾਰ ਨਹੀਂ ਲਈ।’’ ਘਟਨਾ ਸਥਾਨ ’ਤੇ ਪੁੱਜੇ ਐੱਸਐੱਸਪੀ ਧਰੁਮਨ ਨਿੰਬਲੇ ਨੇ ਕਿਹਾ ਕਿ ਦੋਸ਼ੀਆਂ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੀ ਘਟਨਾ ਸੀਸੀਟੀਵੀ ’ਚ ਕੈਦ ਹੋ ਗਈ ਹੈ ਅਤੇ ਫੁਟੇਜ ਦੀ ਚੈਕਿੰਗ ਕੀਤੀ ਜਾ ਰਹੀ ਹੈ। ਅਤਿਵਾਦੀਆਂ ਨਾਲ ਲੋਹਾ ਲੈਣ ਲਈ ਕੇਂਦਰ ਸਰਕਾਰ ਨੇ 1993 ’ਚ ਬਲਵਿੰਦਰ ਸਿੰਘ ਨੂੰ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਸੀ। ਉਨ੍ਹਾਂ ’ਤੇ ਕਈ ਦਸਤਾਵੇਜ਼ੀ ਬਣੀਆਂ ਸਨ ਜਿਨ੍ਹਾਂ ਤੋਂ ਪ੍ਰੇਰਣਾ ਲੈ ਕੇ ਕਈ ਲੋਕਾਂ ਨੇ ਆਪਣੇ ਆਪ ਨੂੰ ਦਹਿਸ਼ਤੀ ਹਮਲਿਆਂ ਤੋਂ ਬਚਾਇਆ ਸੀ।
ਵਿਸ਼ੇਸ਼ ਜਾਂਚ ਟੀਮ ਕਾਇਮ
ਅੰਮ੍ਰਿਤਸਰ (ਟਨਸ):ਭਿੱਖੀਵਿੰਡ ’ਚ ਸ਼ੌਰਿਆ ਚੱਕਰ ਸਨਮਾਨ ਪ੍ਰਾਪਤ ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ ਬਣਾ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ’ਤੇ ਦੁੱਖ ਜ਼ਾਹਰ ਕਰਦਿਆਂ ਡੀਜੀਪੀ ਦਿਨਕਰ ਗੁਪਤਾ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਹਨ। ਫਿਰੋਜ਼ਪੁਰ ਦੇ ਡੀਆਈਜੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਹੈ ਜਿਸ ’ਚ ਤਰਨ ਤਾਰਨ ਦੇ ਐੱਸਐੱਸਪੀ ਅਤੇ ਭਿੱਖੀਵਿੰਡ ਦੇ ਡੀਐੱਸਪੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਾਂਚ ਟੀਮ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਸਮੁੱਚੇ ਮਾਮਲੇ ਦੀ ਜਾਂਚ ਵਾਸਤੇ ਅਗਾਂਹ ਚਾਰ ਹੋਰ ਟੀਮਾਂ ਗਠਿਤ ਕਰ ਦਿੱਤੀਆਂ ਹਨ। ਇਸ ਦੌਰਾਨ ਸੀਪੀਐੱਮ ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਘਟਨਾ ਦੀ ਨਿੰਦਾ ਕਰਦਿਆਂ ਇਸ ਮਾਮਲੇ ਵਿਚ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।