ਸਿੱਖਿਆ ਮੰਤਰੀ ਨੇ ਕਿਸਾਨਾਂ ਦੇ ਹੱਕ ‘ਚ ਕੀਤੀ ਭੁੱਖ ਹੜਤਾਲ

ਕੇਂਦਰ ਨੂੰ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ

ਚੰਡੀਗੜ੍ਹ/ਸੰਗਰੂਰ : ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ (Vijay Inder Singla) ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਅਤੇ ਕਿਸਾਨਾਂ ਦੇ ਹੱਕ ਵਿਚ ਸੰਗਰੂਰ ਵਿਖੇ ਇਕ ਰੋਜ਼ਾ ਭੁੱਖ ਹੜਤਾਲ ਕੀਤੀ। ਇਸ ਭੁੱਖ ਹੜਤਾਲ ‘ਚ ਇਲਾਕੇ ਦੇ 200 ਤੋਂ ਵੱਧ ਆੜ੍ਹਤੀਆਂ ਨੇ ਵੀ ਸਿੱਖਿਆ ਮੰਤਰੀ ਦਾ ਸਾਥ ਦਿੱਤਾ ਤੇ ਕਿਸਾਨਾਂ ਵੱਲੋਂ ਦੇਸ਼ ਭਰ ਵਿਚ ਦਿੱਤੇ ਜਾ ਰਹੇ ਧਰਨਿਆਂ ਦੀ ਹਿਮਾਇਤ ਕੀਤੀ।

ਭੁੱਖ ਹੜਤਾਲ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਗਲਾ ਨੇ ਕਿਹਾ ਕਿ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਇਹ ਸੰਘਰਸ਼ ਹੁਣ ਸੱਚੀ ਲੋਕ ਲਹਿਰ ਬਣ ਗਿਆ ਹੈੇ ਅਤੇ ਹਰ ਪੰਜਾਬੀ ਹੁਣ ਜ਼ਾਤ ਧਰਮ ਅਤੇ ਕਿੱਤੇ ਨੂੰ ਪਿੱਛੇ ਛੱਡ ਕੇ ਇਸ ਮੁਹਿੰਮ ‘ਚ ਆਪਣਾ ਹਿੱਸਾ ਪਾ ਰਿਹਾ ਹੈ। ਪੰਜਾਬ ਵਿਚ ਆੜ੍ਹਤੀਏ ਤੇ ਕਿਸਾਨ ਦਾ ਨਹੁੰ-ਮਾਸ ਦਾ ਰਿਸ਼ਤਾ ਹੈ ਜੋ ਪਿਛਲੇ ਸੌ ਸਾਲਾਂ ਤੋਂ ਚਲਦਾ ਆ ਰਿਹਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਭੁੱਖ ਹੜਤਾਲ ਰਾਹੀਂ ਅਸੀਂ ਕਿਸਾਨ ਯੂਨੀਅਨਾਂ ਵੱਲੋਂ ਕੀਤੀਆਂ ਜਾ ਰਹੀਆਂ ਮੰਗਾਂ ਦਾ ਸਮਰਥਨ ਕਰਦੇ ਹਾਂ।

ਸਿੱਖਿਆ ਮੰਤਰੀ ਸਿੰਗਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਛੇਤੀ ਹੀ ਸੰਸਦ ਦਾ ਸਰਦ ਰੁੱਤ ਦਾ ਇਜਲਾਸ ਬੁਲਾ ਕੇ ਇਹ ਕਾਲੇ ਕਾਨੂਨ ਵਾਪਸ ਲਵੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਕਾਲੇ ਕਾਨੂੰਨ ਭਾਰਤੀ ਜਮਹੂਰੀਅਤ ਦੇ ਸੰਘੀ ਢਾਂਚੇ ‘ਤੇ ਹਮਲਾ ਹਨ। ਸਿੱਖਿਆ ਮੰਤਰੀ ਨੇ ਸਾਫ ਕਿਹਾ ਕਿ ਕੇਂਦਰ ਸਰਕਾਰ ਆਪਣੇ ਚਹੇਤਿਆਂ ਨੂੰ ਲਾਭ ਦੇਣ ਪਿੱਛੇ ਉਨ੍ਹਾਂ ਵਿਸ਼ਿਆਂ ਤੇ ਕਾਨੂਨ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਉਸ ਦੇ ਅਖ਼ਤਿਆਰ ‘ਚ ਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਤਿੰਨੇ ਕਾਨੂੰਨਾਂ ਨੂੰ ਨਕਾਰ ਦਿੱਤਾ ਹੈ ਪਰ ਕੇਂਦਰ ਨੂੰ ਵੀ ਇਹ ਕਾਨੂੰਨ ਵਾਪਸ ਲੈ ਕੇ ਆਪਣੇ ਪਾਪ ਧੋ ਲੈਣੇ ਚਾਹੀਦੇ ਹਨ।
ਸਿੱਖਿਆ ਮੰਤਰੀ ਨੇ ਆਮਦਨ ਕਰ ਵਿਭਾਗ ਵੱਲੋਂ ਪੰਜਾਬ ਭਰ ‘ਚ ਆੜ੍ਹਤੀਆਂ ਉੱਤੇ ਕੀਤੇ ਜਾ ਰਹੇ ਛਾਪਿਆਂ ਦੀ ਵੀ ਪੁਰਜ਼ੋਰ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਨ੍ਹਾਂ ਛਾਪਿਆਂ ਰਾਹੀਂ ਸੂਬੇ ਦੇ ਆੜ੍ਹਤੀਆਂ ਨੂੰ ਡਰਾਉਣਾ ਚਾਹੁੰਦੀ ਹੈ ਜੋ ਇਸ ਸੰਘਰਸ਼ ‘ਚ ਆਪਣੇ ਕਿਸਾਨ ਭਰਾਵਾਂ ਦਾ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਪਣੀ ਵੰਡਵਾਦੀ ਵਿਚਾਰਧਾਰਾ ਰਾਹੀਂ ਇਸ ਸੰਘਰਸ਼ ਨੂੰ ਜਾਤੀ, ਧਰਮ ਦੇ ਅਧਾਰ ਤੇ ਵੰਡਣ ਦੀ ਕੋਸ਼ਿਸ਼ ਕਰਦੀ ਰਹੀ ਜਿਸ ਵਿਚ ਉਹ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਸਿੰਗਲਾ ਨੇ ਕਿਹਾ ਕਿ ਭਾਜਪਾ ਦੀਆਂ ਕੋਝੀਆਂ ਚਾਲਾਂ ਹੋਰਨਾਂ ਸੂਬਿਆਂ ਵਿੱਚ ਤਾਂ ਕਾਮਯਾਬ ਹੋ ਸਕਦੀਆਂ ਹਨ ਪਰ ਪੰਜਾਬੀ ਹਿੰਦੂ ਉਨ੍ਹਾਂ ਦੇ ਬਹਿਕਾਵੇ ਵਿਚ ਨਹੀਂ ਆਉਣਗੇ ਅਤੇ ਸੂਬੇ ਦੇ ਹਰ ਫਿਰਕੇ ਦੇ ਲੋਕ ਡੱਟ ਕੇ ਇਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਆਮਦਨ ਕਰ ਵਿਭਾਗ ਵੱਲੋਂ ਆੜ੍ਹਤੀਆਂ ਉੱਤੇ ਪਾਏ ਜਾ ਰਹੇ ਇਹ ਛਾਪੇ ਭਾਜਪਾ ਅਤੇ ਕੇਂਦਰ ਸਰਕਾਰ ਦੀ ਬੌਖਲਾਹਟ ਦਾ ਨਤੀਜਾ ਸਨ। ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਵੀ ਫ਼ਖ਼ਰ ਹੈ ਕਿ ਇਸ ਸੰਘਰਸ਼ ਵਿਚ ਪੰਜਾਬੀ ਕਿਸਾਨ ਦੇਸ਼ ਭਰ ਦੇ ਕਿਸਾਨਾਂ ਦੀ ਅਗਵਾਈ ਕਰ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਜਿੰਦਰ ਰਾਜਾ, ਮਾਰਕੀਟ ਕਮੇਟੀ ਸੰਗਰੁਰ ਦੇ ਚੇਅਰਮੈਨ ਅਨਿਲ ਘੀਚਾ, ਚੇਅਰਮੈਨ ਨਗਰ ਸੁਧਾਰ ਟਰੱਸਟ ਨਰੇਸ਼ ਗਾਬਾ, ਪੰਜਾਬ ਸਮਾਲ ਇੰਡੀਸ਼ਟਰੀਜ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਹੇਸ਼ ਕੁਮਾਰ ਮੇਸੀ, ਡਾਇਰੈਕਟਰ ਇੰਨਫੋਟੈਕ ਪੰਜਾਬ ਸਤੀਸ਼ ਕਾਂਸਲ, ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਟੀਟੂ, ਜਸਪਾਲ ਸ਼ਰਮਾ ਪਾਲੀ, ਬਲਬੀਰ ਕੌਰ ਸੈਨੀ, ਵਿਜੈ ਗੁਪਤਾ ਬ੍ਰਾਹਮਣ ਸਭਾ, ਸੋਮਨਾਥ ਬਾਂਸਲ ਮੰਡੀ ਪ੍ਰਧਾਨ ਸੰਗਰੂਰ, ਬਿੰਦਰ ਬਾਂਸਲ, ਐਡਵੋਕੇਟ ਗੁਰਤੇਜ਼ ਗਰੇਵਾਲ ਪ੍ਰਧਾਨ ਪੰਜਾਬ ਕਾਂਗਰਸ ਲੀਗਲ ਸੈਲ, ਪਰਮਿੰਦਰ ਸ਼ਰਮਾ ਅਤੇ ਹੋਰ ਕਾਂਗਰਸੀ ਆਗੂ ਅਤੇ ਆੜਤੀਆਂ ਐਸੋਈਸੇਸ਼ਨ ਦੇ ਨੁਮਾਇੰਦੇ ਅਤੇ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *