ਮੁੱਖ ਮੰਤਰੀ ਦੇ OSD ਨੂੰ ਮਿਲਿਆ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦਾ ਵਫ਼ਦ

ਚੰਡੀਗੜ੍ਹ : ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ 19 ਦਸੰਬਰ ਨੂੰ ਮੋਤੀ ਮਹਿਲ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਬੇਰੁਜ਼ਗਾਰਾਂ ਉੱਪਰ ਪੰਜਾਬ ਪੁਲਿਸ ਵੱਲੋਂ ਤਸ਼ੱਦਦ ਢਾਹਿਆ ਗਿਆ ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕ ਜਦੋਂ ਵਾਈਪੀਐੱਸ ਚੌਕ ‘ਤੇ ਹੀ ਬੈਠ ਗਏ। ਫਿਰ ਬੇਰੁਜ਼ਗਾਰ ਅਧਿਆਪਕਾਂ ਦੇ ਜਦੋਂ ਰਾਤ ਨੂੰ ਸੌਣ ਲਈ ਬਿਸਤਰੇ ਲੈ ਕੇ ਆ ਰਹੇ ਸੀ ਤਾਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰਸਤੇ ‘ਚ ਰੋਕਿਆ ਗਿਆ। ਜਦੋਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਫਿਰ ਵੀ ਪਿੱਛੇ ਨਾ ਹਟੇ ਤਾਂ ਉਨ੍ਹਾਂ ਉੱਪਰ ਝੂਠੇ ਪਰਚੇ ਦਰਜ ਕੀਤੇ ਗਏ ਤੇ 20 ਦਸੰਬਰ ਨੂੰ ਉਨ੍ਹਾਂ ਨੂੰ ਜਬਰੀ ਚੁੱਕ ਕੇ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਕੈਪਟਨ ਸੰਦੀਪ ਸਿੰਘ ਸੰਧੂ ਨਾਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਸੀ। ਅੱਜ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਨਾਲ ਮੀਟਿੰਗ ਹੋਈ।
ਇਸ ਮੌਕੇ ਮੌਜੂਦ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ,ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਜਰਨੈਲ ਨਾਗਰਾ, ਨਿਰਮਲ ਜ਼ੀਰਾ, ਗੁਰਪ੍ਰੀਤ ਗੁਰਾਇਆ ਹਰਬੰਸ, ਸੁਖਚੈਨ ਪਟਿਆਲਾ ਨੇ ਕਿਹਾ ਕਿ ਅੱਜ ਲੰਬੇ ਸੰਘਰਸ਼ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਦੀ ਮੀਟਿੰਗ ਮੁੱਖ ਮੰਤਰੀ ਦੇ ਓਐੱਸਡੀ ਕੈਪਟਨ ਸੰਦੀਪ ਸੰਧੂ ਨਾਲ ਹੋਈ ਜਿਨ੍ਹਾਂ ਨੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਧਿਆਨ ਨਾਲ ਸੁਣੀਆਂ ਤੇ ਸਾਰੀਆਂ ਮੰਗਾਂ ‘ਤੇ ਵਿਚਾਰ-ਚਰਚਾ ਕੀਤੀ। ਇਸ ਤੋਂ ਬਾਅਦ ਭਰੋਸਾ ਦਿੱਤਾ ਕਿ ਤੁਹਾਡੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਮੀਟਿੰਗ ਕਰਵਾਈ ਜਾਵੇਗੀ ਜਿਸ ਵਿੱਚ ਤੁਹਾਡਾ ਹੱਲ ਕੀਤਾ ਜਾਵੇਗਾ।
ਇਸ ਮੌਕੇ ਮੌਜੂਦ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀ ਮੰਗਾਂ ਜਲਦੀ ਹੱਲ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਤਿੱਖੇ ਸੰਘਰਸ਼ ਕੀਤੇ ਜਾਣਗੇ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।
ਇਹ ਹਨ ਮੰਗਾਂ :
1) ਈਟੀਟੀ ਦੀਆਂ ਅਸਾਮੀਆਂ ਵੇਲੇ ਪਹਿਲ ਦੇ ਅਧਾਰ ਤੇ ਈਟੀਟੀ ਟੈੱਟ ਪਾਸ ਉਮੀਦਵਾਰਾਂ ਨੂੰ ਵਿਚਾਰਿਆ ਜਾਵੇ ।
2) 10000 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਦੀ ਨਵੀਂ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ ।
3) ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰਾਂ ਨੂੰ ਦਿੱਤੇ ਗਏ ਵਾਧੂ ਅੰਕਾਂ ਦੀ ਸ਼ਰਤ ਹਟਾਈ ਜਾਵੇ ।
4) ਉਚੇਰੀ ਯੋਗਤਾ ਦੇ ਨੰਬਰਾਂ ਦੀ ਸ਼ਰਤ ਹਟਾਈ ਜਾਵੇ ।
5) ਉਮਰ ਹੱਦ ਵਿਚ ਛੋਟ ਦਿੱਤੀ ਜਾਵੇ ।

Leave a Reply

Your email address will not be published. Required fields are marked *