ਕਿਸਾਨਾਂ ’ਤੇ ਪੁਲੀਸ ਨੇ ਵਰ੍ਹਾਈਆਂ ਡਾਂਗਾਂ

ਚੰਡੀਗੜ੍ਹ

‘ਸੰਯੁਕਤ ਕਿਸਾਨ ਮੋਰਚਾ’ ਦੇ ਸੱਦੇ ’ਤੇ ਅੱਜ ਕਰਨਾਲ (ਹਰਿਆਣਾ) ਵਿਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦਾ ਵਿਰੋਧ ਕਰਨ ਲਈ ਇਕੱਠੇ ਹੋ ਕੇ ਅੱਗੇ ਵਧ ਰਹੇ ਕਿਸਾਨਾਂ ਉਤੇ ਪੁਲੀਸ ਨੇ ਬਸਤਾੜਾ ਟੌਲ ਪਲਾਜ਼ਾ ਨੇੜੇ ਲਾਠੀਚਾਰਜ ਕੀਤਾ। ਜ਼ਿਕਰਯੋਗ ਹੈ ਕਿ ਕਰਨਾਲ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਧਾਨ ਸਭਾ ਹਲਕਾ ਹੈ। ਵੇਰਵਿਆਂ ਮੁਤਾਬਕ ਕਿਸਾਨ ਵੱਡੀ ਗਿਣਤੀ ਵਿਚ ਕਰਨਾਲ ਵੱਲ ਵਧ ਰਹੇ ਸਨ ਜਿੱਥੇ ਭਾਜਪਾ ਦਾ ਸਮਾਗਮ ਸੀ। ਇਸ ਕਾਰਨ ਟਰੈਫ਼ਿਕ ਵਿਚ ਵੀ ਅੜਿੱਕਾ ਪੈ ਰਿਹਾ ਸੀ। ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਲਾਠੀਚਾਰਜ ਦੌਰਾਨ ਹੀ ਸੂਬਾ ਪੁਲੀਸ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਧੱਕਣ ਦੀ ਕੋਸ਼ਿਸ਼ ਕੀਤੀ ਤੇ ਕਰੀਬ ਦਸ ਕਿਸਾਨ ਫੱਟੜ ਹੋ ਗਏ ਹਨ। ਲਾਠੀਚਾਰਜ ਤੋਂ ਨਾਰਾਜ਼ ਹੋਏ ਕਿਸਾਨਾਂ ਨੇ ਸੂਬੇ ਦੇ ਸਾਰੇ ਕੌਮੀ ਮਾਰਗ ਤੇ ਟੌਲ ਪਲਾਜ਼ੇ ਜਾਮ ਕਰ ਦਿੱਤੇ। ਇਸ ਕਾਰਨ ਜੀਂਦ-ਪਟਿਆਲਾ, ਅੰਬਾਲਾ-ਕੁਰੂਕਸ਼ੇਤਰ, ਕਰਨਾਲ ਨੇੜੇ ਦਿੱਲੀ ਮਾਰਗ, ਹਿਸਾਰ-ਚੰਡੀਗੜ੍ਹ, ਕਾਲਕਾ-ਜ਼ੀਰਕਪੁਰ, ਫਤਿਆਬਾਦ-ਚੰਡੀਗੜ੍ਹ, ਗੋਹਾਣਾ-ਪਾਣੀਪਤ ਅਤੇ ਹੋਰ ਕਈ ਮੁੱਖ ਮਾਰਗਾਂ ’ਤੇ ਕਈ-ਕਈ ਕਿਲੋਮੀਟਰ ਲੰਮਾ ਜਾਮ ਲੱਗ ਗਿਆ। ਲੋਕ ਕਈ ਘੰਟੇ ਸੜਕਾਂ ਉਤੇ ਫਸੇ ਰਹੇ। ਦੱਸਣਯੋਗ ਹੈ ਕਿ ਹਰਿਆਣਾ ਭਾਜਪਾ ਨੇ ਕਰਨਾਲ ਵਿੱਚ ਸੂਬਾ ਪੱਧਰੀ ਮੀਟਿੰਗ ਰੱਖੀ ਸੀ। ਇਸ ਵਿੱਚ ਮੁੱਖ ਮੰਤਰੀ, ਭਾਜਪਾ ਪ੍ਰਧਾਨ ਓਪੀ ਧਨਖੜ ਸਣੇ ਸਾਰੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੇ ਪਹੁੰਚਣਾ ਸੀ। ਕਿਸਾਨ ਜਥੇਬੰਦੀਆਂ ਨੇ ਭਾਜਪਾ ਦੀ ਮੀਟਿੰਗ ਦਾ ਵਿਰੋਧ ਕਰਨ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਸੀ। ਭਾਜਪਾ ਦੀ ਮੀਟਿੰਗ 11 ਵਜੇ ਸ਼ੁਰੂ ਹੋਈ ਤੇ ਬਾਅਦ ਦੁਪਹਿਰ 3 ਵਜੇ ਖ਼ਤਮ ਹੋਈ। ਇਸ ਦੌਰਾਨ ਵੱਡੀ ਗਿਣਤੀ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ਤਾਂ ਕਿ ਕਿਸਾਨਾਂ ਨੂੰ ਕਰਨਾਲ ਸ਼ਹਿਰ ਤੋਂ ਦੂਰ ਰੱਖਿਆ ਜਾ ਸਕੇ। ਕਿਸਾਨ ਜਥੇਬੰਦੀਆਂ ਦੇ ਆਗੂ ਸਵੇਰ ਤੋਂ ਹੀ ਬਸਤਾੜਾ ਟੌਲ ’ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਇਹ ਟੌਲ ਪਲਾਜ਼ਾ ਕਰਨਾਲ ਤੋਂ 15 ਕਿਲੋਮੀਟਰ ਦੂਰ ਹੈ। ਮੀਟਿੰਗ ਵਾਲੀ ਥਾਂ ਵੱਲ ਜਾਣ ਵਾਲੇ ਸਾਰੇ ਰਾਹਾਂ ’ਤੇ ਤਕੜੀ ਬੈਰੀਕੇਡਿੰਗ ਕੀਤੀ ਗਈ ਸੀ।

Leave a Reply

Your email address will not be published. Required fields are marked *