ਪੰਜਾਬ ਦੇ ਨਵੇਂ ਰਾਜਪਾਲ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ
ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਹਰਿਮੰਦਰ ਸਾਹਿਬ ਵਿਖੇੇ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਉਨ੍ਹਾਂ ਦਾ ਸਨਮਾਨ ਕੀਤਾ। ਆਪਣਾ ਅਹੁਦਾ ਸੰਭਾਲਣ ਮਗਰੋਂ ਉਹ ਅੱਜ ਇੱਥੇ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪੁੱਜੇ ਸਨ।
ਪੰਜਾਬ ਦੇ ਰਾਜਪਾਲ ਨੇ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਯਾਤਰੂ ਕਿਤਾਬ ਵਿੱਚ ਲਿਖਿਆ ਕਿ ਪਾਵਨ ਅਸਥਾਨ ਦੇ ਦਰਸ਼ਨ ਕਰ ਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤੇ ਜਾਣ ’ਤੇ ਧੰਨਵਾਦ ਕੀਤਾ ਅਤੇ ਵਧੀਆ ਪ੍ਰਬੰਧਾਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਨੂੰ ਸੂਚਨਾ ਕੇਂਦਰ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਸਿਰੋਪਾਓ, ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲੀਸ ਕਮਿਸ਼ਨਰ ਵਿਕਰਮ ਜੀਤ ਦੁੱਗਲ, ਪੁਲੀਸ ਅਧਿਕਾਰੀ ਪਰਮਿੰਦਰ ਸਿੰਘ ਪੰਡਾਲ ਤੇ ਹਰਪਾਲ ਸਿੰਘ ਰੰਧਾਵਾ ਹਾਜ਼ਰ ਸਨ।