ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ: ਸ਼ਤਾਬਦੀ ਸਮਾਗਮਾਂ ਦੌਰਾਨ ਸਿੱਖ ਸੰਸਥਾ ਦੀ ਸਥਾਪਨਾ ਦੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਬਣੇਗੀ ਖਿੱਚ ਦਾ ਕੇਂਦਰ

ਅੰਮ੍ਰਿਤਸਰ: ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ‘ਚ ਆਈ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੌ ਸਾਲਾ ਸ਼ਤਾਬਦੀ ਮੌਕੇ ਕੀਤੇ ਜਾ ਰਹੇ ਵਿਸ਼ੇਸ਼ ਸਮਾਗਮਾਂ ‘ਚ ਸਿੱਖ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ‘ਚ ਬੀਤੇ ਦਿਨੀਂ ਸ਼ਤਾਬਦੀ ਕਮੇਟੀ ਦੀ ਇਕੱਤਰਤਾ ‘ਚ ਫੈਸਲਾ ਕੀਤਾ ਗਿਆ ਸੀ।

 

ਇਸ ਨੂੰ ਅਮਲ ‘ਚ ਲਿਆਉਣ ਲਈ ਅੱਜ ਨਾਮੀ ਚਿੱਤਰਕਾਰਾਂ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਬੈਠਕ ਕਰਕੇ ਪ੍ਰਦਰਸ਼ਨੀ ਦੀ ਰੂਪ-ਰੇਖਾ ਬਾਰੇ ਵਿਚਾਰ-ਵਟਾਂਦਰਾ ਕੀਤਾ। ਦੱਸਣਯੋਗ ਹੈ ਕਿ ਇਹ ਚਿੱਤਰ ਪ੍ਰਦਰਸ਼ਨੀ 12 ਤੋਂ 15 ਨਵੰਬਰ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਸਾਹਮਣੇ ਲਗਾਈ ਜਾਵੇਗੀ। ਇਸ ਮੌਕੇ ਸਜਾਈਆਂ ਜਾਣ ਵਾਲੀਆਂ ਤਸਵੀਰਾਂ ਨੂੰ ਤਿਆਰ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਕ ਹਫ਼ਤੇ ਦੀ ਚਿਤਰਕਲਾ ਵਰਕਸ਼ਾਪ ਵੀ ਲਗਾਈ ਜਾਵੇਗੀ।

 

ਤਿਆਰ ਕੀਤੀਆਂ ਜਾਣ ਵਾਲੀਆਂ ਤਸਵੀਰਾਂ ‘ਚ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਕੀਤੇ ਗਏ ਸੰਘਰਸ਼, ਮੋਰਚਿਆਂ ਅਤੇ ਕੁਰਬਾਨੀਆਂ ਦੇ ਇਤਿਹਾਸ ਨੂੰ ਦਰਸਾਇਆ ਜਾਵੇਗਾ। ਅੱਜ ਹੋਈ ਇਕੱਤਰਤਾ ਮੌਕੇ 30 ਦੇ ਕਰੀਬ ਚਿੱਤਰਕਾਰਾਂ ਨੇ ਭਾਗ ਲਿਆ ਅਤੇ ਚਿੱਤਰ ਤਿਆਰ ਕਰਨ ਲਈ ਵਿਸ਼ਿਆਂ ਬਾਰੇ ਰਾਏ-ਮਸ਼ਵਰਾ ਦਿੱਤਾ।

 

ਚਿੱਤਰਕਾਰਾਂ ਦਾ ਕਹਿਣਾ ਸੀ ਕਿ ਸ਼੍ਰੋਮਣੀ ਕਮੇਟੀ ਦਾ ਇਹ ਯਤਨ ਬੇਹੱਦ ਸਾਰਥਿਕ ਹੈ ਅਤੇ ਇਸ ਨਾਲ ਨੌਜਵਾਨ ਪੀੜ੍ਹੀ ਆਪਣੇ ਕੁਰਬਾਨੀਆਂ ਭਰੇ ਇਤਿਹਾਸ ਨਾਲ ਜੁੜੇਗੀ। ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਵੀ ਅਜਿਹੀ ਹੀ ਚਿੱਤਰ ਪ੍ਰਦਰਸ਼ਨੀ ਲਗਾਈ ਗਈ ਸੀ।

Leave a Reply

Your email address will not be published. Required fields are marked *