ਸੰਸਦ ਵਿੱਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪਾਸ
ਸੰਸਦ ਵਿੱਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪਾਸ
ਨਵੀਂ ਦਿੱਲੀ, 29 ਨਵੰਬਰ (ਪ.ਨ. ਟੀਮ)- ਅੱਜ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿਚ ਵੀ ਪਾਸ ਹੋ ਗਿਆ। ਹੁਣ ਇਹ ਬਿੱਲ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ ਤੇ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦੇ ਹੀ ਖੇਤੀ ਕਾਨੂੰਨ ਰੱਦ ਹੋ ਜਾਣਗੇ। ਅੱਜ ਸਵੇਰੇ ਲੋਕ ਸਭਾ ਸੈਸ਼ਨ ਸ਼ੁਰੂ ਹੁੰਦੇ ਹੀ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪੇਸ਼ ਕੀਤਾ ਤੇ ਉਸ ਨੂੰ ਬਿਨਾਂ ਬਹਿਸ ਦੇ ਪਾਸ ਕਰ ਦਿੱਤਾ ਗਿਆ ਜਿਸ ਕਾਰਨ ਕਾਂਗਰਸ ਸਣੇ ਹੋਰ ਵਿਰੋਧੀ ਧਿਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਤੋਂ ਪਹਿਲਾਂ ਇਸ ਬਿੱਲ ਦਾ ਖਰੜਾ ਲੋਕ ਸਭਾ ਮੈਂਬਰਾਂ ਨੂੰ ਭੇਜਿਆ ਗਿਆ ਸੀ ਪਰ ਇਸ ਦੀ ਸ਼ਬਦਾਵਲੀ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਇਤਰਾਜ਼ ਜਤਾਇਆ। ਸਪੀਕਰ ਓਮ ਬਿਰਲਾ ਨੇ ਕਿਹਾ ਕਿ ਉਹ ਬਿੱਲ ’ਤੇ ਚਰਚਾ ਕਰਵਾਉਣ ਲਈ ਤਿਆਰ ਹਨ ਪਰ ਵਿਰੋਧੀ ਧਿਰਾਂ ਨੇ ਹੰਗਾਮਾ ਕੀਤਾ। ਇਸ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ ਦੋ ਵਜੇ ਤੱਕ ਮੁਅੱਤਲ ਕਰ ਦਿੱਤੀ ਗਈ।