ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਵੱਲੋਂ ਸੁਖਪਾਲ ਖਹਿਰਾ ਨੂੰ ਰਾਹਤ, ਈਡੀ ਦੀ ਅਰਜ਼ੀ ਰੱਦ
ਮਨੀ ਲਾਂਡਰਿੰਗ ਮਾਮਲਾ:
ਹਾਈਕੋਰਟ ਵੱਲੋਂ ਸੁਖਪਾਲ ਖਹਿਰਾ ਨੂੰ ਰਾਹਤ, ਈਡੀ ਦੀ ਅਰਜ਼ੀ ਰੱਦ
ਚੰਡੀਗੜ੍ਹ 15 ਦਸੰਬਰ (ਪ.ਨ. ਟੀਮ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਹਿਰਾਸਤ ਵਿੱਚ ਲੈਣ ਦੀ ਮੰਗ ਕੀਤੀ ਗਈ ਸੀ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਦੋ ਦਿਨਾਂ ਤੋਂ ਹਾਈ ਕੋਰਟ ਦੇ ਦੋ ਬੈਂਚਾਂ ਨੇ ਈਡੀ ਦੀ ਇਸ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਈਡੀ ਨੇ ਆਪਣੀ ਪਟੀਸ਼ਨ ਵਿੱਚ ਹਾਈ ਕੋਰਟ ਨੂੰ ਦੱਸਿਆ ਸੀ ਕਿ ਮੁਹਾਲੀ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਦੀ ਹਿਰਾਸਤ ਵਿੱਚ ਵਾਧਾ ਕਰਨ ਦੀ ਮੰਗ ਨੂੰ ਰੱਦ ਕਰਦਿਆਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਈਡੀ ਨੂੰ ਇਸ ਮਾਮਲੇ ਵਿੱਚ ਖਹਿਰਾ ਤੋਂ ਅਜੇ ਹੋਰ ਪੁੱਛਗਿੱਛ ਕਰਨ ਦੀ ਲੋੜ ਹੈ, ਜਦਕਿ ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਮੰਗ ਨੂੰ ਰੱਦ ਕਰਦਿਆਂ ਖਹਿਰਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਗਲਤ ਫੈਸਲਾ ਲਿਆ ਹੈ।