ਘਰੇਲੂ ਹਿੰਸਾ ਦੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਹੋਵੇ : ਗੁਲਾਟੀ

ਅੰਮਿ੍ਤਸਰ: ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪੁਲਿਸ ਲਾਈਨ ਵਿਖੇ ਲਗਾਈ ਗਈ ਦੋ ਰੋਜ਼ਾ ਲੋਕ ਅਦਾਲਤ ਦੇ ਦੂਜੇ ਦਿਨ 75 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ 5 ਪੁਲਿਸ ਜ਼ਿਲਿ੍ਹਆਂ ਦੇ ਅਧਿਕਾਰੀਆਂ ਕੋਲੋਂ ਇਨ੍ਹਾਂ ਮਾਮਲਿਆਂ ਸਬੰਧੀ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੁਨੀਸ਼ਾ ਗੁਲਾਟੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਅੰਮਿ੍ਤਸਰ ਸ਼ਹਿਰੀ, ਦਿਹਾਤੀ, ਤਰਨਤਾਰਨ, ਬਟਾਲਾ ਅਤੇ ਗੁਰਦਾਸਪੁਰ ਦੇ ਪੁਲਿਸ ਅਧਿਕਾਰੀਆਂ ਨੂੰ ਅੌਰਤਾਂ ਵੱਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਭੇਜੀਆਂ ਗਈਆਂ ਸਨ ਜਿਸ ‘ਤੇ ਉਨ੍ਹਾਂ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਸਟੇਟਸ ਰਿਪੋਰਟ ਮੰਗੀ ਗਈ ਹੈ।

ਮੁਨੀਸ਼ਾ ਗੁਲਾਟੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘਰੇਲੂ ਹਿੰਸਾ ਨਾਲ ਸਬੰਧਤ ਅੌਰਤਾਂ ਦੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਦਿਨੋਂ ਦਿਨ ਅੌਰਤਾਂ ਦੇ ਪ੍ਰਤੀ ਅੱਤਿਆਚਾਰ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਭਾਵੇਂ ਸਖਤ ਕਾਨੂੰਨ ਬਣਾਏ ਗਏ ਹਨ ਪ੍ਰੰਤੂ ਫਿਰ ਵੀ ਇਹੋ ਜਿਹੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਗੁਲਾਟੀ ਨੇ ਕਿਹਾ ਕਿ ਅੱਜ ਦੀ ਮੁੱਖ ਲੋੜ ਹੈ ਮਨੁੱਖ ਆਪਣੀ ਮਾਨਸਿਕਤਾ ਨੂੰ ਬਦਲੇ ਅਤੇ ਅੌਰਤ ਨੂੰ ਵੀ ਆਪਣੇ ਬਰਾਬਰ ਦੀ ਸਮਝੇ। ਉਨ੍ਹਾਂ ਕਿਹਾ ਕਿ ਪਤੀ ਪਤਨੀ ਇਕ ਗੱਡੀ ਦੇ ਦੋ ਪਹੀਏ ਹਨ ਅਤੇ ਦੋਹਾਂ ਪਹੀਆਂ ਤੋਂ ਬਗੈਰ ਗੱਡੀ ਨਹੀਂ ਚੱਲ ਸਕਦੀ। ਉਨ੍ਹਾਂ ਕਿਹਾ ਕਿ ਜੇ ਪਤੀ ਪਤਨੀ ਆਪਸ ਵਿੱਚ ਮਿਲ ਕੇ ਰਹਿਣ ਤਾਂ ਘਰ ਦਾ ਮਾਹੌਲ ਸੁਖਾਵਾਂ ਲੱਗਦਾ ਹੈ। ਉਨ੍ਹਾਂ ਕਿਹਾ ਕਿ ਬਹੁਤੇ ਕੇਸਾਂ ਵਿੱਚ ਸੱਸ ਨੂੰਹ ਦੇ ਝਗੜੇ ਦੇ ਕੇਸ ਸਾਹਮਣੇ ਆਉਂਦੇ ਹਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਦੋਹਾਂ ਧਿਰਾਂ ਦੀ ਆਪਸੀ ਕੌਂਸਲਿੰਗ ਕਰਾ ਕੇ ਰਜ਼ਾਮੰਦੀ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਲੜਕੀ ਨੇ ਕੱਲ ਸੱਸ ਬਣਨਾ ਹੈ ਜੇਕਰ ਉਹ ਇਹ ਗੱਲ ਸਮਝ ਜਾਵੇ ਤਾਂ ਸਾਰਾ ਝਗੜਾ ਖਤਮ ਹੋ ਸਕਦਾ ਹੈ। ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਵਿਜੈ ਕੁਮਾਰ, ਮੋਹਨ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published.