ਸਾਬਕਾ ਮੰਤਰੀ ਦੇ ਦੇਹਾਂਤ ‘ਤੇ ਪੰਜਾਬ ‘ਚ ਸਰਕਾਰੀ ਅਦਾਰਿਆਂ ‘ਚ ਬਾਕੀ ਰਹਿੰਦੇ ਦਿਨ ਦੀ ਛੁੱਟੀ ਦਾ ਐਲਾਨ, ਕੈਪਟਨ ਨੇ ਪ੍ਰਗਟਾਇਆ ਦੁੱਖ

 ਚੰਡੀਗਡ਼੍ਹ : ਸੀਨੀਅਰ ਕਾਂਗਰਸੀ ਆਗੂ ਤੇ ਸੂਬੇ ਦੇ ਸਾਬਕਾ ਖੇਤੀਬਾਡ਼ੀ ਮੰਤਰੀ ਮੋਹਿੰਦਰ ਸਿੰਘ ਗਿੱਲ (Mohinder Singh Gill) ਦਾ ਸੰਖੇਪ ਬਿਮਾਰੀ ਮਗਰੋਂ ਅੱਜ ਦੇਹਾਂਤ ਹੋ ਗਿਆ। ਉਹ 85 ਸਾਲਾਂ ਦੇ ਸਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਉਨ੍ਹਾਂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਕ ਸ਼ੋਕ ਸੰਦੇਸ਼ ‘ਚ ਮੁੱਖ ਮੰਤਰੀ ਨੇ ਮੋਹਿੰਦਰ ਸਿੰਘ ਗਿੱਲ ਨੂੰ ਬਹੁਪੱਖੀ ਸ਼ਖਸੀਅਤ, ਭੱਦਰਪੁਰਸ਼ ਸਿਆਸਤਦਾਨ ਤੇ ਚੰਗੇ ਗੁਣਾਂ ਦੇ ਧਾਰਨੀ ਇਨਸਾਨ ਦੱਸਿਆ ਜਿਨ੍ਹਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਹੁੰਦਿਆਂ ਪਾਰਟੀ ਨੂੰ ਹੇਠਲੇ ਪੱਧਰ ’ਤੇ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗਿੱਲ ਦੇ ਤੁਰ ਜਾਣ ਨਾਲ ਸਿਆਸੀ ਖੇਤਰ ‘ਚ ਅਜਿਹਾ ਖਲਾਅ ਪੈਦਾ ਹੋਇਆ ਹੈ ਜਿਸ ਨੂੰ ਪੂਰਨਾ ਬਹੁਤ ਮੁਸ਼ਕਿਲ ਹੈ।
ਦੁਖੀ ਪਰਿਵਾਰ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਕੈਪਟਨ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਦੇਣ ਤੇ ਦੁੱਖ ਦੀ ਇਸ ਘੜੀ ‘ਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।
ਜ਼ਿਕਰਯੋਗ ਹੈ ਕਿ ਗਿੱਲ ਸਾਲ 1971-77 ਤੱਕ ਲੋਕ ਸਭਾ ਦੇ ਮੈਂਬਰ ਜਦਕਿ 1976-79 ਤਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਰਹੇ ਹਨ। ਇਸੇ ਤਰ੍ਹਾਂ ਉਹ ਸਾਲ 1967 ‘ਚ ਫਿਰੋਜ਼ਪੁਰ ਛਾਉਣੀ ਤੋਂ ਅਤੇ 1992 ਵਿੱਚ ਬਨੂੜ ਤੋਂ ਵਿਧਾਇਕ ਵੀ ਚੁਣੇ ਗਏ ਸਨ। ਵਿਛੜੀ ਸ਼ਖ਼ਸੀਅਤ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸੂਬਾ ਸਰਕਾਰ ਨੇ ਅੱਜ ਦੇ ਬਾਕੀ ਰਹਿੰਦੇ ਸਮੇਂ ਲਈ ਸਾਰੇ ਸਰਕਾਰੀ ਦਫਤਰਾਂ/ਕਾਰਪੋਰੇਸ਼ਨਾਂ/ਬੋਰਡਾਂ/ਵਿਦਿਅਕ ਸੰਸਥਾਵਾਂ ‘ਚ ਛੁੱਟੀ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *