ਸ਼੍ਰੋਮਣੀ ਕਮੇਟੀ ਦੀ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਅੰਤਿ੍ੰਗ ਕਮੇਟੀ ਨੇ ਲਏ ਅਹਿਮ ਫ਼ੈਸਲੇ

ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ 7 ਕਿਸਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ, ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਅੰਦਰ 7 ਦਸੰਬਰ ਨੂੰ ਸਵੇਰੇ 8 ਤੋਂ 9 ਵਜੇ ਤਕ ਅਰਦਾਸ ਸਮਾਗਮ ਵੀ ਕੀਤੇ ਜਾਣਗੇ।

ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕੀਤਾ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ‘ਚ ਹੋਈ ਅੰਤਿ੍ਗ ਕਮੇਟੀ ‘ਚ ਕਿਸਾਨੀ ਸੰਘਰਸ਼ ਦੀ ਭਰਵੀਂ ਹਮਾਇਤ ਕੀਤੀ ਗਈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਤਿ੍ੰਗ ਕਮੇਟੀ ਵੱਲੋਂ ਦਿੱਲੀ ਵਿਖੇ ਕਿਸਾਨ ਸੰਘਰਸ਼ ਵਿਚ ਸ਼ਾਮਲ ਬੀਬੀਆਂ ਲਈ ਆਰਜ਼ੀ ਇਸ਼ਨਾਨ ਘਰ ਤੇ ਪਖਾਨੇ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਸਮੁੱਚੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਹਰ ਗੁਰੂ ਘਰ ਵਿਚ 7 ਦਸੰਬਰ ਨੂੰ ਕਿਸਾਨਾਂ ਲਈ ਅਰਦਾਸ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ ਅੰਤਿ੍ੰਗ ਕਮੇਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਦੇਵ ਸਿੰਘ ਢੀਂਡਸਾ ਸਮੇਤ ਹਰ ਰਾਜਸੀ, ਧਾਰਮਿਕ, ਸਮਾਜਿਕ ਆਗੂ ਅਤੇ ਖਿਡਾਰੀਆਂ ਵੱਲੋਂ ਕਿਸਾਨਾਂ ਨਾਲ ਖੜ੍ਹਦਿਆਂ ਭਾਰਤੀ ਸਨਮਾਨ ਵਾਪਸ ਕਰਨ ਦੇ ਫੈਸਲੇ ਨੂੰ ਸਹੀ ਕਰਾਰ ਦਿੰਦਿਆਂ ਸਲਾਹਿਆ ਹੈ। ਉਨ੍ਹਾਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕੰਗਨਾ ਰਣੌਤ ਵੱਲੋਂ ਬੀਬੀਆਂ ਖਿਲਾਫ਼ ਕੀਤੀ ਗਈ ਟਿੱਪਣੀ ਦੀ ਵੀ ਨਿਖੇਧੀ ਕੀਤੀ ਗਈ।

ਅੰਤਿ੍ੰਗ ਕਮੇਟੀ ਵੱਲੋਂ ਲਏ ਗਏ ਹੋਰ ਫ਼ੈਸਲਿਆਂ ਸਬੰਧੀ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਬਲੀਕੇਸ਼ਨ ਵਿਭਾਗ ਲਈ ਇਕ ਸਮੀਖਿਆ ਕਮੇਟੀ ਗਠਿਤ ਕੀਤੀ ਜਾਵੇਗੀ। ਸ੍ਰੀ ਗੁਰੂ ਗ੍ੰਥ ਸਾਹਿਬ ਦੇ 328 ਪਾਵਨ ਸਰੂਪ, ਪ੍ਰਕਾਸ਼ਨ ਸਬੰਧੀ ਮਰਿਆਦਾ, ਪਬਲੀਕੇਸ਼ਨ ਵਿਭਾਗ ਦੇ ਹਾਲਾਤ ਅਤੇ ਕਾਰਗੁਜ਼ਾਰੀ ਨੂੰ ਵੇਖਣ ਲਈ ਇਹ ਕਮੇਟੀ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਸ੍ਰੀ ਗੁਰੂ ਗ੍ੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਮਾਮਲੇ ਬਾਰੇ ਵੀ ਇਹ ਕਮੇਟੀ ਸਮੀਖਿਆ ਕਰੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਅੰਦਰ ਤਰੱਕੀਆਂ, ਬੇਨਿਯਮੀਆਂ ਅਤੇ ਨਿਯੁਕਤੀਆਂ ਸਬੰਧੀ ਵੀ ਇਕ ਰੀਵਿਊ ਕਮੇਟੀ ਦਾ ਗਠਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰਿਆਂ, ਸਿਹਤ ਸੰਸਥਾਵਾਂ ਅਤੇ ਧਰਮ ਪ੍ਰਚਾਰ ਦੇ ਪ੍ਰਬੰਧ ਨੂੰ ਹੋਰ ਚੁਸਤ ਦਰੁੱਸਤ ਬਣਾਉਣ ਲਈ ਜਲਦ ਹੀ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਬੁਲਾ ਕੇ ਪ੍ਰਬੰਧਕੀ ਨਿਰਦੇਸ਼ ਜਾਰੀ ਕੀਤੇ ਜਾਣਗੇ। ਉਨ੍ਹਾਂ ਮੁਲਾਜ਼ਮਾਂ ‘ਤੇ ਡਰੈੱਸ ਕੋਡ ਵੀ ਲਾਗੂ ਹੋਵੇਗਾ।

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਪ੍ਰਬੰਧ ਅੰਦਰ ਸਨਮਾਨ ਸਮੇਂ ਵਰਤੀਆਂ ਜਾਂਦੀਆਂ ਲੋਈਆਂ ‘ਤੇ ਰੋਕ ਲਾਈ ਜਾਵੇਗੀ ਅਤੇ ਸਨਮਾਨ ਸਿਰਫ਼ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤਿ੍ੰਗ ਕਮੇਟੀ ਵੱਲੋਂ ਆ ਰਹੀਆਂ ਸ਼ਤਾਬਦੀਆਂ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸਿੱਖ ਵਿਦਵਾਨਾਂ, ਬੁੱਧੀਜੀਵੀਆਂ, ਮਹਾਪੁਰਖਾਂ ਅਤੇ ਪ੍ਰਚਾਰਕਾਂ ਦੀਆਂ ਕਮੇਟੀਆਂ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।

ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸੌ ਸਾਲਾ ਅਤੇ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਲਈ ਪ੍ਰੋਗਰਾਮ ਉਲੀਕਣ ਲਈ ਜਲਦ ਹੀ ਕਮੇਟੀਆਂ ਗਠਤ ਕਰਕੇ ਇਕੱਤਰਤਾਵਾਂ ਕੀਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜਿਸਥਾਨ ਦੇ ਸ੍ਰੀ ਗੰਗਾਨਗਰ ਦੇ ਪਿੰਡ ਛੋਟੀ ਹਾਰਨੀਆਂ 11 ਜੀ ਵਿਖੇ ਇਕ ਪਾਖੰਡੀ ਵੱਲੋਂ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਕੀਤੀ ਜਾ ਰਹੀ ਬੇਅਦਬੀ ਕਾਰਨ ਪਾਵਨ ਸਰੂਪ ਲੈਣ ਲਈ ਗਏ ਸਿੰਘਾਂ ਉੱਪਰ ਪਰਚੇ ਦਰਜ ਕਰਨੇ ਬੇਹੱਦ ਮੰਦਭਾਗਾ ਹੈ। ਉਨ੍ਹਾਂ ਸਥਾਨਕ ਸਰਕਾਰ ਨੂੰ ਕੇਸ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਪਰਚੇ ਰੱਦ ਨਹੀਂ ਹੁੰਦੇ, ਇਹ ਕੇਸ ਸ਼੍ਰੋਮਣੀ ਕਮੇਟੀ ਲੜੇਗੀ।

ਇਕੱਤਰਤਾ ‘ਚ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅੰਤਿ੍ੰਗ ਮੈਂਬਰ ਬਲਦੇਵ ਸਿੰਘ ਚੂੰਘਾਂ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਨਵਤੇਜ ਸਿੰਘ ਕਾਉਣੀ, ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਦਰਸ਼ਨ ਸਿੰਘ ਸ਼ੇਰਖਾਂ, ਭੁਪਿੰਦਰ ਸਿੰਘ ਭਲਵਾਨ, ਹਰਭਜਨ ਸਿੰਘ ਮਸਾਣਾਂ, ਬੀਬੀ ਮਲਕੀਤ ਕੌਰ ਕਮਾਲਪੁਰ, ਮਿੱਠੂ ਸਿੰਘ ਕਾਹਨੇਕੇ, ਅਮਰੀਕ ਸਿੰਘ ਸ਼ਾਹਪੁਰ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਅਤੇ ਹੋਰ ਹਾਜ਼ਰ ਸਨ।

Leave a Reply

Your email address will not be published. Required fields are marked *