ਕਿਸਾਨਾਂ ਨੇ ਰਿਲਾਇੰਸ ਪੈਟਰੋਲ ਪੰਪ ਤੇ ਟੌਲ ਪਲਾਜ਼ਾ ਘੇਰੇ

ਭਾਦਸੋਂ, 3 ਅਕਤੂਬਰ :ਖੇਤੀਬਾੜੀ ਕਾਨੂੰਨਾਂ ਕਾਰਨ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸਾਂ ਨੂੰ ਤੇਜ਼ ਕਰਦੇ ਹੋਏ ਪੰਜਾਬ ਦੇ ਵੱਖ-ਵੱਖ ਟੌਲ ਪਲਾਜ਼ਿਆਂ ਅਤੇ ਰਿਲਾਇੰਸ ਪੰਪਾਂ ਦੇ ਘਿਰਾਓ ਕੀਤੇ ਜਾ ਰਹੇ ਹਨ। ਜ਼ਿਲ੍ਹਾ ਸਕੱਤਰ ਜਗਮੇਲ ਸਿੰਘ ਸੁਧੇਵਾਲ ਨੇ ਦੱਸਿਆ ਕਿ ਅੱਜ ਭਾਦਸੋਂ ਅਮਲੋਹ ਰੋਡ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਅਗਵਾਈ ‘ਚ ਇਲਾਕੇ ਦੇ ਕਿਸਾਨਾਂ ਨੇ ਸਾਂਝੇ ਰੂਪ ਵਿਚ ਅਕਾਲਗੜ੍ਹ ਰਿਲਾਇੰਸ ਪੈਟਰੋਲ ਪੰਪ ਅਤੇ ਟੌਲ ਪਲਾਜ਼ਾ ਘੇਰ ਕੇ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੁਰਜੀਤ ਸਿੰਘ ਦਰਗਾਪੁਰ, ਗੁਰਜੰਟ ਸਿੰਘ ਦਰਗਾਪੁਰ, ਮਨਜਿੰਦਰ ਸਿੰਘ ਘੁੰਡਰ, ਹਰਮੇਲ ਸਿੰਘ ਚਾਸਵਾਲ, ਗੁਰਮੀਤ ਸਿੰਘ ਸਕਰਾਲੀ, ਬਲਵਿੰਦਰ ਸਿੰਘ ਭਾਦਸੋਂ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ।

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਟੌਲ ਪਲਾਜ਼ਾ ਮਾਝੀ ’ਤੇ ਤਿੰਨ ਦਿਨਾਂ ਤੋਂ ਧਰਨਾ ਜਾਰੀ ਹੈ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਕਿਸਾਨਾਂ ਨੂੰ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੇ ਟਰੈਕਟਰ ਮਾਰਚਾਂ ਦੇ ਡਰਾਮੇ ਵੀ ਕਿਸਾਨ ਸੰਘਰਸ਼ ਤੋਂ ਘਬਰਾਹਟ ਕਾਰਨ ਕੀਤੇ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ, ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਕਲਾਂ ਅਤੇ ਰਣਧੀਰ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *