ਔਰਤ ਕਰਜ਼ਾ ਮੁਕਤੀ ਅੰਦੋਲਨ ਤਹਿਤ ਪਟਿਆਲਾ ਵਿੱਚ ਰੈਲੀ
ਪਟਿਆਲਾ, 8 ਅਕਤੂਬਰ :ਸੀਪੀਆਈ (ਐੱਮਐੱਲ) ਲਿਬਰੇਸ਼ਨ ਦੀ ਪੰਜਾਬ ਇਕਾਈ ਵੱਲੋਂ ਅੱਜ ਇੱਥੇ ਪੁੱਡਾ ਗਰਾਊਂਡ ਵਿਖੇ ਰੈਲੀ ਕੀਤੀ ਗਈ। ਰੈਲੀ ਨੂੰ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖ਼ਤਪੁਰ, ਕੇਂਦਰੀ ਕਮੇਟੀ ਮੈਂਬਰ ਰਾਜਵਿੰਦਰ ਸਿੰਘ ਰਾਣਾ, ਉੱਘੇ ਕਿਸਾਨ ਆਗੂ ਤੇ ਆਲ ਇੰਡੀਆ ਕਿਸਾਨ ਮਹਾਂਸਭਾ ਦੇ ਕੌਮੀ ਪ੍ਰਧਾਨ ਰੁਲਦੂ ਸਿੰਘ ਮਾਨਸਾ, ਪਾਰਟੀ ਦੇ ਕੇਂਦਰੀ ਆਗੂ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਊਂ, ਪਾਰਟੀ ਦੇ ਸੂਬਾਈ ਬੁਲਾਰੇ ਸੁਖਦਰਸ਼ਨ ਸਿੰਘ ਨੱਤ ਅਤੇ ਔਰਤ ਕਰਜ਼ਾ ਮੁਕਤੀ ਅੰਦੋਲਨ ਦੀਆਂ ਆਗੂਆਂ ਸਮੇਤ ਵੱਖ ਵੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਨੇ ਸੰਬੋਧਨ ਕੀਤਾ।
ਬੁਲਾਰਿਆਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਆਪਣੇ ਕਰਜ਼ਾ ਮੁਆਫ਼ੀ ਦੇ ਚੋਣ ਵਾਅਦੇ ਮੁਤਾਬਕ ਔਰਤਾਂ ਸਿਰ ਚੜ੍ਹੇ ਫਾਇਨਾਂਸ ਕੰਪਨੀਆਂ ਦੇ ਕਰਜ਼ੇ ਮੁਆਫ਼ ਕਰੇ ਅਤੇ ਸਾਰੇ ਜ਼ਿਲ੍ਹਿਆਂ ਦੇ ਪੁਲੀਸ ਮੁਖੀਆਂ ਨੂੰ ਹਿਦਾਇਤ ਕਰੇ ਕਿ ਉਹ ਕਰਜ਼ਾ ਵਸੂਲੀ ਲਈ ਘਰੀਂ ਜਾ ਕੇ ਮਜਬੂਰ ਔਰਤਾਂ ਨੂੰ ਅਪਮਾਨਿਤ ਤੇ ਜ਼ਲੀਲ ਵਾਲੇ ਕੰਪਨੀਆਂ ਦੇ ਅਫ਼ਸਰਾਂ ਤੇ ਏਜੰਟਾਂ ਖ਼ਿਲਾਫ਼ ਸ਼ਿਕਾਇਤ ਮਿਲਣ ‘ਤੇ ਤੁਰੰਤ ਕਾਰਵਾਈ ਕਰਨ। ਆਲ ਇੰਡੀਆ ਕਿਸਾਨ ਮਹਾਂਸਭਾ ਦੇ ਕੌਮੀ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਾਮਰੇਡ ਰਾਜਵਿੰਦਰ ਸਿੰਘ ਰਾਣਾ, ਪ੍ਰਗਤੀਸ਼ੀਲ ਇਸਤਰੀ ਸਭਾ ਦੀ ਕੌਮੀ ਆਗੂ ਜਸਬੀਰ ਕੌਰ ਨੱਤ, ਔਰਤ ਕਰਜ਼ਾ ਮੁਕਤੀ ਅੰਦੋਲਨ ਦੀਆਂ ਜ਼ਿਲ੍ਹਾ ਆਗੂਆਂ ਕੁਲਵਿੰਦਰ ਕੌਰ ਰੇਤਗੜ੍ਹ, ਪਰਮਜੀਤ ਕੌਰ ਮੁਦਕੀ, ਜਸਵਿੰਦਰ ਕੌਰ ਹੁਸ਼ਿਆਰਪੁਰ, ਅਨੀਤਾ ਕੌਰ ਬੱਸੀ ਪਠਾਣਾਂ, ਪਰਮਜੀਤ ਕੌਰ ਫ਼ਰੀਦਕੋਟ, ਰਾਣੀ ਕੌਰ ਕੁੱਬੇ, ਸੁਖਵਿੰਦਰ ਕੌਰ ਤਪਾ, ਮਜ਼ਦੂਰ ਮੁਕਤੀ ਮੋਰਚਾ ਦਾ ਸੂਬਾ ਸਕੱਤਰ ਹਰਵਿੰਦਰ ਸਿੰਘ ਸੇਮਾ, ਘੁਮੰਡ ਸਿੰਘ ਖ਼ਾਲਸਾ ਉਗਰਾਹਾਂ, ਆਇਸਾ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ, ਇਨਕਲਾਬੀ ਨੌਜਵਾਨ ਸਭਾ ਦੇ ਆਗੂ ਵਿੰਦਰ ਸਿੰਘ ਅਲਖ ਅਤੇ ਪ੍ਰਮੁੱਖ ਕਿਸਾਨ ਆਗੂਆਂ ਗੋਰਾ ਸਿੰਘ ਭੈਣੀ, ਬਲਬੀਰ ਸਿੰਘ ਰੰਧਾਵਾ ਗੁਰਦਾਸਪੁਰ ਤੇ ਗੁਰਨਾਮ ਸਿੰਘ ਭੀਖੀ ਨੇ ਸੰਬੋਧਨ ਕੀਤਾ। ਸਟੇਜ ਦੀ ਕਾਰਵਾਈ ਪਾਰਟੀ ਦੇ ਸੂਬਾਈ ਆਗੂ ਗੋਬਿੰਦ ਸਿੰਘ ਛਾਜਲੀ ਨੇ ਚਲਾਈ।