ਮੋਦੀ ਤੇ ਅਮਰਿੰਦਰ ਨੇ ਕਿਸਾਨਾਂ ਲਈ ਕੁਝ ਨਹੀਂ ਕੀਤਾ: ਸੁਖਬੀਰ

ਅੰਮ੍ਰਿਤਸਰ, 11 ਅਕਤੂਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਮੌਜੂਦਾ ਕਿਸਾਨੀ ਸੰਕਟ ਨੂੰ ਹੱਲ ਕਰਨ ਵਾਸਤੇ ਨਾ ਤਾਂ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਅਤੇ ਨਾ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਈ ਯਤਨ ਕੀਤਾ ਜਾ ਰਿਹਾ ਹੈ। ਉਹ ਅੱਜ ਇੱਥੇ ਹਰਸਿਮਰਤ ਕੌਰ ਬਾਦਲ ਸਣੇ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਸਨ।

ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਬਾਦਲ ਨੇ ਦੋਸ਼ ਲਾਇਆ ਕਿ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਸੰਕਟ ਨੂੰ ਹੱਲ ਕਰਨ ਲਈ ਦੋਵਾਂ ਸਰਕਾਰਾਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਲੋਕ ਆਪਣੇ ਆਪ ਨੂੰ ਲਾਵਾਰਿਸ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਮਸਲੇ ਨੂੰ ਹੱਲ ਕਰਨ ਲਈ ਖ਼ੁਦ ਕਿਸਾਨਾਂ ਨਾਲ ਗੱਲ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ਕਿ ਉਹ ਕਿਸਾਨ ਮਸਲੇ ਨੂੰ ਲੈ ਕੇ ਦਿੱਲੀ ਜਾਣ ਅਤੇ ਕੇਂਦਰ ਸਰਕਾਰ ਨਾਲ  ਗੱਲਬਾਤ ਕਰਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਮੰਤਰੀਆਂ ਦੀ ਬਣਾਈ ਕਮੇਟੀ ਬਾਰੇ ਕਿਹਾ ਕਿ ਇਹ ਕਮੇਟੀ ਕਿਸਾਨਾਂ ’ਤੇ ਦਬਾਅ ਪਾ ਕੇ ਉਨ੍ਹਾਂ ਨੂੰ ਮਨਾਉਣ ਲਈ ਬਣਾਈ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਬਾਰੇ ਉਨ੍ਹਾਂ ਕਿਹਾ ਕਿ ਇਹ ਕਮੇਟੀ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰੇਗੀ ਅਤੇ ਉਨ੍ਹਾਂ ਨੂੰ ਸਮਰਥਨ ਦੇਵੇਗੀ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਇਸ ਸੰਘਰਸ਼ ’ਚ ਕਿਸਾਨ ਜਥੇਬੰਦੀਆਂ ਦੇ ਨਾਲ ਲੱਗ ਕੇ ਪਿੱਛੇ ਚੱਲਣ ਨੂੰ ਤਿਆਰ ਹੈ।

ਸ਼੍ਰੋਮਣੀ ਕਮੇਟੀ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਚੋਣਾਂ ਵਾਸਤੇ ਤਿਆਰ ਹੈ। ਉਨ੍ਹਾਂ ਗੁਰਦੁਆਰਾ ਚੋਣ ਕਮਿਸ਼ਨਰ ਨਿਯੁਕਤ ਕਰਨ ਲਈ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ। ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਬਾਦਲ ਦਲ ਨੂੰ ਸ਼੍ਰੋਮਣੀ ਕਮੇਟੀ ਦੀ ਸੱਤਾ ਤੋਂ ਹਟਾਉਣ ਦੇ ਕੀਤੇ ਜਾ ਰਹੇ ਦਾਅਵਿਆਂ ਬਾਰੇ ਉਨ੍ਹਾਂ ਕਿਹਾ ਕਿ ਜਮਹੂਰੀਅਤ ’ਚ ਸਾਰਿਆਂ ਨੂੰ ਚੋਣ ਲੜਨ ਦਾ ਹੱਕ ਹੈ। ਭਾਜਪਾ ਵੱਲੋਂ ਇਕੱਲੇ ਵਿਧਾਨ ਸਭਾ ਚੋਣਾਂ ਲੜਨ ਦੇ ਦਾਅਵੇ ਬਾਰੇ ਉਨ੍ਹਾਂ ਕਿਹਾ ਕਿ ਭਾਜਪਾ ਆਪਣਾ ਇਹ ਸੁਫਨਾ ਵੀ ਪੂਰਾ ਕਰ ਲਵੇ।

 

ਸੁਖਬੀਰ ਨੇ ਸਿੱਖ ਜਥੇਬੰਦੀਆਂ ਦੇ ਧਰਨੇ ਤੋਂ ਪਾਸਾ ਵੱਟਿਆ

ਅੰਮ੍ਰਿਤਸਰ:ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਵੇਲੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਹਾਜ਼ਰ ਸਨ। ਇਸ ਬੰਦ ਕਮਰਾ ਮੀਟਿੰਗ ਬਾਰੇ ਕੋਈ ਅਧਿਕਾਰਤ ਵੇਰਵੇ ਜਾਰੀ ਨਹੀਂ ਕੀਤੇ ਗਏ ਹਨ। ਇਸ ਦੌਰਾਨ ਗੁਆਚੇ ਪਾਵਨ ਸਰੂਪਾਂ ਸਬੰਧੀ ਚਰਚਾ ਦੀਆਂ ਕਨਸੋਆਂ ਹਨ। ਇਸੇ ਦੌਰਾਨ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ’ਚ ਇੱਥੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਸਿੱਖ ਜਥੇਬੰਦੀਆਂ ਨੇ ਅੱਜ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਆਮਦ ਮੌਕੇ ਵੀ ਪ੍ਰਦਰਸ਼ਨ ਕੀਤਾ। ਇਹ ਆਗੂ ਰੋਸ ਦਿਖਾਵੇ ਵਾਲੀ ਥਾਂ ਵੱਲ ਆਏ ਹੀ ਨਹੀਂ ਅਤੇ ਦੂਜੇ ਰਸਤੇ ਵਾਪਸ ਚਲੇ ਗਏ। ਸਿੱਖ ਕਾਰਕੁਨ ਅਕਾਲ ਤਖ਼ਤ ਦੇ ਸਕੱਤਰੇਤ ਵੱਲ ਬਣੇ ਜੋੜਾ ਘਰ ਕੋਲ ਤਖ਼ਤੀਆਂ ਲੈ ਕੇ ਖੜ੍ਹੇ ਹੋ ਗਏ। ਸੁਖਬੀਰ ਬਾਦਲ ਦੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਮਗਰੋਂ ਇਸ ਰਸਤੇ ਬਾਹਰ ਆਉਣ ਦੀ ਸੰਭਾਵਨਾ ਸੀ। ਮੁਲਾਕਾਤ ਮਗਰੋਂ ਸ੍ਰੀ ਬਾਦਲ ਤੇ ਹੋਰ ਵਾਪਸ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਚਲੇ ਗਏ ਤੇ ਘੰਟਾ ਘਰ ਡਿਉਢੀ ਰਸਤੇ ਪਰਤ ਗਏ। ਸਿੱਖ ਜਥੇਬੰਦੀਆ ਦਾ ਧਰਨਾ 28ਵੇਂ ਦਿਨ ਵੀ ਜਾਰੀ ਰਿਹਾ। ਸਿੱਖ ਆਗੂ ਬਲਬੀਰ ਸਿੰਘ ਮੁੱਛਲ ਨੇ ਦੱਸਿਆ ਕਿ ਅੱਜ ਵੱਖ-ਵੱਖ ਜ਼ਿਲ੍ਹਿਆਂ ਸੰਗਤ ਨੇ ਸ਼ਮੂਲੀਅਤ ਕੀਤੀ।

‘ਮੁੱਖ ਮੰਤਰੀ ਥਰਮਲਾਂ ਦੇ ਕੋਲੇ ਬਾਰੇ ਕੇਂਦਰ ਨਾਲ ਗੱਲ ਕਰਨ’

ਬਟਾਲਾ (ਦਲਬੀਰ ਸੱਖੋਵਾਲੀਆ):ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਇੱਥੋਂ ਥੋੜ੍ਹੀ ਦੂਰ ਗੁਰਦੁਆਰਾ ਬਾਬਾ ਹਜ਼ਾਰ ਸਿੰਘ ਛੋਟੇ ਘੁੰਮਣ ਵਿਚ ਬਾਬਾ ਹਜਾਰਾ ਸਿੰਘ ਦੀ 15 ਅਕਤੂਬਰ ਨੂੰ ਮਨਾਈ ਜਾਂਦੀ ਬਰਸੀ ਸਬੰਧੀ ਅੱਜ ਹੀ ਨਤਮਸਤਕ ਹੋਏ।  ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਥਰਮਲ ਪਲਾਟਾਂ ’ਚ ਕੋਲ ਖ਼ਤਮ ਹੋਣ ਕਿਨਾਰੇ ਹੈ ਤਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਪ੍ਰਧਾਨ ਮੰਤਰੀ ਤੱਕ ਪਹੁੰਚ ਕਰਨੀ ਚਾਹੀਦੀ ਹੈ। ਕੇਂਦਰ ਨੂੰ ਕਿਸਾਨ ਵਿਰੋਧੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ।

Leave a Reply

Your email address will not be published. Required fields are marked *