ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਨਾਲ ਗੱਲਬਾਤ ਅੱਜ

ਚੰਡੀਗੜ੍ਹ, 13 ਅਕਤੂਬਰ

ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਦਿੱਤਾ ਮੀਟਿੰਗ ਦਾ ਸੱਦਾ ਸਵੀਕਾਰ ਕਰ ਲਿਆ ਹੈ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਵਫ਼ਦ ਭਲਕੇ ਕੇਂਦਰੀ ਖੇਤੀ ਮੰਤਰਾਲੇ ਦੇ ਸਕੱਤਰ ਸੰਜੈ ਅਗਰਵਾਲ ਨਾਲ ਮੀਟਿੰਗ ਕਰਨ ਲਈ ਦਿੱਲੀ ਜਾਵੇਗਾ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਮੋਦੀ ਸਰਕਾਰ ਵੱਲੋਂ ਸੱਦੀ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਬਾਰੇ ਫ਼ੈਸਲਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਲਕੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਬਾਰੇ ਸਥਿਤੀ ਸਪੱਸ਼ਟ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਤਿੰਨ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਜਿਣਸਾਂ ਦੇ ਭਾਅ ਡਾ. ਸਵਾਮੀਨਾਥਨ ਦੀ ਰਿਪੋਰਟ ਦੇ ਅਧਾਰ ’ਤੇ ਮਿੱਥਣ, ਸਾਰੀਆਂ ਫ਼ਸਲਾਂ ਦੀ ਖ਼ਰੀਦ ਘੱਟੋ-ਘੱਟ ਸਮਰਥਨ ਮੁੱਲ ’ਤੇ ਕਰਨ ਦੀ ਮੰਗ ਰੱਖਣਗੇ। ਡਾ. ਦਰਸ਼ਨ ਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਕਿਸਾਨੀ ਮੁੱਦਿਆਂ ਤੇ ਨਵੇਂ ਕਾਨੂੰਨਾਂ ਦੇ ਮੁੱਦੇ ’ਤੇ ਇੱਕ ਤੋਂ ਵੱਧ ਵਾਰ ਵੀ ਮੀਟਿੰਗ ਕਰਨੀ ਪੈ ਸਕਦੀ ਹੈ ਪਰ ਜਥੇਬੰਦੀਆਂ ਆਪਣੇ ਏਜੰਡੇ ’ਤੇ ਕਾਇਮ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਜਥੇਬੰਦੀਆਂ ਦੇ ਨੁਮਾਇੰਦੇ ਦਿੱਲੀ ਜਾਣਗੇ ਪਰ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਇੱਕ 7 ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਵਿੱਚ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਜਗਮੋਹਨ ਸਿੰਘ ਪਟਿਆਲਾ, ਜਗਜੀਤ ਸਿੰਘ ਡੱਲੇਵਾਲ, ਸੁਰਜੀਤ ਸਿੰਘ ਫੂਲ, ਸਤਨਾਮ ਸਿੰਘ ਸਾਹਨੀ ਅਤੇ ਕੁਲਵੰਤ ਸਿੰਘ ਸੰਧੂ ਸ਼ਾਮਲ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਵੱਖਰੇ ਤੌਰ ’ਤੇ ਜਾਣ ਦਾ ਫ਼ੈਸਲਾ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਕੋਈ ਵੀ ਨੁਮਾਇੰਦਾ ਭਲਕੇ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਵੇਗਾ।

ਸੂਬੇ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਵਿੱਚੋਂ 29 ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੀਟਿੰਗ ’ਚ ਅੱਜ ਹਾਜ਼ਰੀ ਭਰੀ। ਸੂਬੇ ਦੀਆਂ ਕੁੱਝ ਜਥੇਬੰਦੀਆਂ ਵੱਲੋਂ ਵੱਖਰੀ ਸੁਰ ਅਲਾਪਣ ਦੇ ਮੁੱਦੇ ’ਤੇ ਦਰਸ਼ਨ ਪਾਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦਾ ਏਜੰਡਾ ਇੱਕ ਹੈ ਭਾਵੇਂ ਪ੍ਰੋਗਰਾਮ ਵੱਖ ਹੋ ਸਕਦਾ ਹੈ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਇਹ ਵੀ ਕਿਹਾ ਕਿ ਭਲਕੇ ਦਿੱਲੀ ’ਚ ਹੋਣ ਵਾਲੀ ਮੀਟਿੰਗ ਦੌਰਾਨ ਕੇਂਦਰ ਸਰਕਾਰ ਦਾ ਰੁਖ ਸਪੱਸ਼ਟ ਹੋ ਜਾਵੇਗਾ ਤੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਰਾਜ ਸਰਕਾਰ ਵੱਲੋਂ ਲਏ ਜਾਣ ਵਾਲੇ ਫ਼ੈਸਲੇ ਬਾਰੇ ਵੀ ਸਥਿਤੀ ਸਪੱਸ਼ਟ ਹੋ ਜਾਵੇਗੀ। ਚੰਡੀਗੜ੍ਹ ’ਚ ਜਥੇਬੰਦੀਆਂ ਦੀ ਅੱਜ ਹੋਈ ਮੀਟਿੰਗ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਜਗਮੋਹਨ ਸਿੰਘ ਪਟਿਆਲਾ, ਬੂਟਾ ਸਿੰਘ ਬੁਰਜ ਗਿੱਲ, ਨਰਿੰਦਰ ਸਿੰਘ ਕੰਗ ਅਤੇ ਹੋਰਨਾਂ ਕਿਸਾਨ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਪਹਿਲੀ ਅਕਤੂਬਰ ਤੋਂ ਚੱਲ ਰਿਹਾ ਸੰਘਰਸ਼ ਅੱਜ ਵੀ ਜਾਰੀ ਰਿਹਾ। ਕਿਸਾਨ ਜਥੇਬੰਦੀਆਂ ਦੇ ਅਗਵਾਈ ਹੇਠ ਅੱਜ 125 ਤੋਂ ਵੱਧ ਥਾਵਾਂ ’ਤੇ ਕਿਸਾਨਾਂ ਨੇ ਧਰਨੇ ਦਿੱਤੇ। ਕਿਸਾਨਾਂ ਦੇ ਧਰਨੇ ਰੇਲ ਮਾਰਗਾਂ, ਭਾਜਪਾ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ, ਪੈਟਰੋਲ ਪੰਪਾਂ ਤੇ ਅੰਬਾਨੀਆਂ-ਅਡਾਨੀਆਂ ਅਤੇ ਹੋਰਨਾਂ ਕਾਰੋਬਾਰੀ ਟਿਕਾਣਿਆਂ ਦੇ ਮੂਹਰੇ ਜਾਰੀ ਰਹੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸੁਨਾਮ ਵਿੱਚ ਅੱਜ ਕਿਸਾਨਾਂ ਨੇ ਭਾਜਪਾ ਆਗੂ ਦਾ ਘਰ ਘੇਰਿਆ। ਉਨ੍ਹਾਂ ਕਿਹਾ ਕਿ ਕਾਨੂੰਨਾਂ ਦੀ ਵਾਪਸੀ ਤੱਕ ਯੂਨੀਅਨ ਦਾ ਸੰਘਰਸ਼ ਜਾਰੀ ਰਹੇਗਾ।

ਮੰਤਰੀ ਬਾਜਵਾ ਤੇ ਹੋਰਾਂ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ 

ਪੰਜਾਬ ਕਿਸਾਨ ਭਵਨ ਵਿੱਚ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਲਈ ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਿੰਜਾਈ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਖੇਤੀਬਾੜੀ ਕਮਿਸ਼ਨਰ ਬਲਵਿੰਦਰ ਸਿੰੰਘ ਸਿੱਧੂ ਵੀ ਰਾਜ ਸਰਕਾਰ ਵੱਲੋਂ ਪਹੁੰਚੇ ਸਨ। ਪੰਜਾਬ ਸਰਕਾਰ ਦੇ ਇਨ੍ਹਾਂ ਨੁਮਾਇੰਦਿਆਂ ਨੂੰ ਕਿਸਾਨ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਕਿ ਰੇਲ ਮਾਰਗਾਂ ਤੋਂ ਧਰਨੇ ਚੁੱਕਣ ਸਬੰਧੀ ਫ਼ੈਸਲਾ 15 ਅਕਤੂਬਰ ਨੂੰ ਰੱਖੀ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ। ਪੰਜਾਬ ਦੇ ਮੰਤਰੀਆਂ ਦੀ ਕਮੇਟੀ ਵੱਲੋਂ 15 ਅਕਤੂਬਰ ਨੂੰ ਕਿਸਾਨ ਜਥੇਬੰਦੀਆਂ ਨਾਲ ਮੁੜ ਮੀਟਿੰਗ ਕੀਤੇ ਜਾਣ ਦੇ ਆਸਾਰ ਹਨ।

Leave a Reply

Your email address will not be published.